ਫਾਜ਼ਿਲਕਾ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ’ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ
Sep2,2026
| Jagrati Lahar Bureau | Fazilka
17 ਸਤੰਬਰ ਤੱਕ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ; ਡਿਊਟੀ ਅਮਲੇ ਤੇ ਪ੍ਰੀਖਿਆਰਥੀਆਂ ’ਤੇ ਹੁਕਮ ਲਾਗੂ ਨਹੀਂ ਹੋਵੇਗਾ
ਫਾਜ਼ਿਲਕਾ, 2 ਸਤੰਬਰ 2026 — ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ-2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਫਾਜ਼ਿਲਕਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਏ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਸਤੰਬਰ 2026 ਤੱਕ ਸਵੇਰੇ 11 ਵਜੇ ਤੋਂ ਕਰਵਾਈਆਂ ਜਾ ਰਹੀਆਂ ਹਨ। ਫਾਜ਼ਿਲਕਾ ਵਿੱਚ ਇਹ ਪ੍ਰੀਖਿਆਵਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਾਪਿਤ ਪ੍ਰੀਖਿਆ ਕੇਂਦਰ ਵਿੱਚ ਹੋਣਗੀਆਂ।
ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 17 ਸਤੰਬਰ 2026 ਤੱਕ ਲਾਗੂ ਰਹੇਗਾ।
ਹਾਲਾਂਕਿ, ਇਹ ਪਾਬੰਦੀ ਪ੍ਰੀਖਿਆ ਕੇਂਦਰ ’ਤੇ ਡਿਊਟੀ ਨਿਭਾ ਰਹੇ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ’ਤੇ ਲਾਗੂ ਨਹੀਂ ਹੋਵੇਗੀ।
-fazilkanews-examcentre-punjabeducation-districtmagistrate-publicnotice