ਮੋਹਾਲੀ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ
Sep14,2026
| Gurvinder Singh Mohali | Mohali
ਮੋਹਾਲੀ, 14 ਸਤੰਬਰ (ਗੁਰਵਿੰਦਰ ਸਿੰਘ)। ਸੰਯੁਕਤ ਕਿਸਾਨ ਮੋਰਚਾ ਦੀ ਅਪੀਲ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦੇ ਰੋਸ ਵਜੋਂ ਮੋਹਾਲੀ ਵਿਖੇ ਪਾਵਰਕੌਮ ਦੇ ਸੁਪਰਡੈਂਟ ਇੰਜੀਨੀਅਰ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਬਿਜਲੀ ਸਪਲਾਈ ਵਿੱਚ ਸੁਧਾਰ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਦੇ ਧਿਆਨ ਵਿੱਚ ਆਪਣੀਆਂ ਮੰਗਾਂ ਰੱਖੀਆਂ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਦਰਸ਼ਨ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਪਿੰਡਾਂ ਅਤੇ ਖੇਤੀਬਾੜੀ ਖੇਤਰ ਵਿੱਚ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਸੈਕਟਰ ਲਈ ਨਿਰਧਾਰਤ ਸਮੇਂ ਅਨੁਸਾਰ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਸੜੇ ਹੋਏ ਟ੍ਰਾਂਸਫਾਰਮਰਾਂ ਨੂੰ ਤੁਰੰਤ ਬਦਲਣ ਦੇ ਨਾਲ-ਨਾਲ ਢਿੱਲੀਆਂ ਤਾਰਾਂ ਦੀ ਮੁਰੰਮਤ ਕਰਵਾਈ ਜਾਵੇ।
ਧਰਨੇ ਦੇ ਮੱਦੇਨਜ਼ਰ ਪਾਵਰਕੌਮ ਦਫ਼ਤਰ ਦੇ ਬਾਹਰ ਪੁਲਿਸ ਬਲ ਤਾਇਨਾਤ ਕੀਤਾ ਗਿਆ। ਇਸ ਦੌਰਾਨ ਪਾਵਰਕੌਮ ਦੇ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ। ਕਿਸਾਨ ਆਗੂਆਂ ਵੱਲੋਂ ਐਸ.ਈ. ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਬਿਜਲੀ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦੇ ਜਲਦ ਹੱਲ ਦੀ ਮੰਗ ਕੀਤੀ ਗਈ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿੱਚ ਲੋੜੀਂਦਾ ਸੁਧਾਰ ਨਾ ਹੋਇਆ ਤਾਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਅਗਲੇ ਪੜਾਅ ਦਾ ਫੈਸਲਾ ਕਰਨਗੇ।
-mohalinews-farmersprotest-powercuts-powercom-punjabnews