ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ। ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਹ ਦਿਨ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਆਗਾਜ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ (ਮੁੱਖ ਮੰਤਰੀ) ਨੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦੀ ਗਾਰੰਟੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ , ਜਦੋਂ ਤੋਂ ਉਹਨਾਂ ਨੇ ਅਹੁਦਾ ਸੰਭਾਲਿਆ ਹੈ, ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ 88 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਅਤੇ ਜ਼ੀਰੋ ਬਿਜਲੀ ਦੇ ਬਿੱਲ ਪ੍ਰਾਪਤ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਉਪਲਬਧ ਕਰਵਾਈ ਜਾ ਰਹੀ ਹੈ। ਸੂਬੇ ਦੇ ਆਖਰੀ ਖੇਤ ਤੱਕ ਨਹਿਰੀ ਪਾਣੀ ਰਾਹੀਂ ਸਿੰਚਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਤੇ ਸੁਹਿਰਦ ਯਤਨਾਂ ਸਦਕਾ ਜ਼ਿਲ੍ਹਾ ਫਾਜ਼ਿਲਕਾ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਵਿੱਚ ਹੁਣ ਪਾਣੀ ਪਹੁੰਚਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੱਡੇ ਪੱਧਰ ਤੇ ਤਰੱਦਦ ਕਰ ਰਹੀ ਹੈ । ਪਰ ਮੌਜੂਦਾ ਸਮੇਂ ਵਿੱਚ ਪੰਜਾਬ ਆਪਣੇ ਨਹਿਰੀ ਪਾਣੀ ਦਾ ਮਹਿਜ਼ 33 -34ਫੀਸਦ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਫੀਸਦ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਅਗਲੇ ਝੋਨੇ ਦੇ ਸੀਜ਼ਨ ਤੱਕ 70-80ਫੀਸਦ ਖੇਤਾਂ ਨੂੰ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਸਹੂਲਤ ਪ੍ਰਾਪਤ ਹੋ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਮਹਿਜ਼ 18 ਮਹੀਨਿਆਂ ਦੌਰਾਨ, ਹੁਣ ਤੱਕ 36521 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਸਿਰਫ ਯੋਗਤਾ ਅਤੇ ਪਾਰਦਰਸ਼ਤਾ ਦੇ ਅਧਾਰ ਤੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਸਰਕਾਰ ਸਨਅਤਕਾਰ ਮਿਲਣੀਆਂ ਵੀ ਕਰਵਾਈਆਂ ਹਨ । ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਸਫ਼ਲਤਾ ਤੋਂ ਡਰਦੇ ਸਨ ਕਿਉਂਕਿ ਪਹਿਲੇ ਸ਼ਾਸਕ ਉੱਦਮਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਦਬਾਅ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਖਾਸ ਕਰਕੇ ਕਾਮਯਾਬ ਉਦਯੋਗਪਤੀਆਂ ਨੂੰ ਬਹੁਤ ਲੁੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੇ ਟਰਾਂਸਪੋਰਟ, ਉਦਯੋਗ ਜਾਂ ਕਿਸੇ ਕਾਰੋਬਾਰ ਵਿੱਚ ਹਿੱਸਾ ਨਹੀਂ ਪਾਵਾਂਗੇ ਪਰ ਲੋਕਾਂ ਦੇ ਦੁੱਖ-ਸੁੱਖ ਦੇ ਸਾਂਝੀ ਜ਼ਰੂਰ ਬਣਾਂਗੇ। ਉਨ੍ਹਾਂ ਕਿਹਾ ਕਿ ਅੱਜ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਸਮਰਪਿਤ ਕੀਤਾ ਗਿਆ ਹੈ ਜੋ ਕਿ ਆਮ ਆਦਮੀ ਕਲੀਨਿਕ ਦੀ ਕਾਮਯਾਬੀ ਤੋਂ ਬਾਅਦ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਗਲੇਰਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਉਪਲਬਧ ਹੋਣਗੀਆਂ, ਜਿਸ ਲਈ ਇਨ੍ਹਾਂ ਦੀ ਮੁਕੰਮਲ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਪੰਜਾਬ ਜਲਦ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਸਦਕਾ ਨੌਜਵਾਨਾਂ ਲਈ 2.89 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈਜ਼. ਰਜਿਸਟਰਡ ਕੀਤੇ ਗਏ ਹਨ ਜੋ ਦੇਸ਼ ਭਰ ਵਿੱਚ ਹੁਣ ਤੱਕ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੌਜਵਾਨਾਂ ਨੂੰ ਪੇਂਡੂ ਖੇਤਰਾਂ ਤੋਂ ਸ਼ਹਿਰਾਂ ਵੱਲ ਜਾਣ ਲਈ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ 2000-3000 ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਹ ਪਾਰਟੀਆਂ ਇੱਕੋ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਮੰਨਦੇ ਹਨ ਕਿ ਸਿਰਫ਼ ਉਹਨਾਂ ਕੋਲ ਹੀ ਸੂਬੇ ਤੇ ਸ਼ਾਸਨ ਕਰਨ ਦਾ ਅਧਿਕਾਰ ਹੈ, ਇਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਸੂਬੇ ਨੂੰ ਸੁਚੱਜੇ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਹੁਣ ਸੂਬੇ ਦੇ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰਾਂ ਦੇ ਝਾਂਸਿਆਂ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਖਰਚੇ ਗਏ 50,000 ਕਰੋੜ ਰੁਪਏ ਦੇ ਪੂਰੇ ਵੇਰਵੇ ਜਲਦ ਹੀ ਰਾਜਪਾਲ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਭਾਵੇਂ ਰਾਜਪਾਲ ਨੇ ਕਦੇ ਵੀ ਪਿਛਲੀਆਂ ਸਰਕਾਰਾਂ ਤੋਂ ਇਹ ਵੇਰਵੇ ਮੰਗਣ ਦੀ ਖੇਚਲ ਨਹੀਂ ਕੀਤੀ ਪਰ ਫਿਰ ਵੀ ਉਹ ਜਲਦ ਹੀ ਉਨ੍ਹਾਂ ਨੂੰ ਸਾਰੇ ਵੇਰਵੇ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਸਾ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਖਰਚ ਕੀਤਾ ਗਿਆ ਹੈ ਅਤੇ ਜਲਦ ਹੀ ਸਾਰੇ ਵੇਰਵੇ ਰਾਜਪਾਲ ਨੂੰ ਸੌਂਪੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਢਾਹ ਲਾਈ ਹੈ ਜਿਸ ਨਾਲ ਪੰਜਾਬ ਅਤੇ ਇਸ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਅਨੇਕਾਂ ਔਕੜਾਂ ਪੈਦਾ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਸੂਬੇ ਨੂੰ ਮੁਸ਼ਕਲਾਂ ਵਿੱਚ ਪਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਨੂੰ ਢਾਹ ਲਾਉਣ ਲਈ ਇਤਿਹਾਸ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ ਨਹੀਂ ਕਰੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਾਂਧੀ ਜਯੰਤੀ ਦੇ ਇਸ ਪਾਵਨ ਮੌਕੇ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਨੂੰ ਮੁਫ਼ਤ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਨੀਂਹ ਰੱਖੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕ ਪਹਿਲਾਂ ਹੀ ਸਫ਼ਲਤਾਪੂਰਵਕ ਕਾਰਜਸ਼ੀਲ ਹਨ ਅਤੇ ਹੁਣ ਸੂਬੇ ਦੇ ਵੱਡੇ ਹਸਪਤਾਲਾਂ ਵੱਲ ਧਿਆਨ ਦਿੱਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਿਹਤ ਕ੍ਰਾਂਤੀ ਦਾ ਮਕਸਦ ਹਰ ਆਮ ਵਿਅਕਤੀ ਨੂੰ ਨਿੱਜੀ ਹਸਪਤਾਲਾਂ ਵਾਂਗ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਕਾਰੀ ਹਸਪਤਾਲਾਂ ਵਿੱਚ ਆਈ.ਸੀ.ਯੂ. ਨਹੀਂ ਹਨ ਪਰ ਹੁਣ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕਰਕੇ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਗਾਮੀ ਦਿਨਾਂ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ 40 ਸਰਕਾਰੀ ਹਸਪਤਾਲਾਂ ਨੂੰ ਹਾਈ-ਟੈਕ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਸਕੂਲ ਇੰਨਾ ਸ਼ਾਨਦਾਰ ਨਹੀਂ ਹੋਵੇਗਾ, ਜਿੰਨਾ ਇਹ ਸਰਕਾਰੀ ਸਕੂਲ ਹਨ ਅਤੇ ਇਸੇ ਤਰਜ਼ ਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਚ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਚ ਹਰ ਖੇਤਰ ਚ ਵੱਡੀ ਕ੍ਰਾਂਤੀ ਲਿਆਂਦੀ ਹੈ ਜਦਕਿ ਪਿਛਲੀ ਸਰਕਾਰ ਨੇ ਇਸ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਨੂੰ ਸੂਬੇ ਵਿੱਚ ਸਿਆਸਤਦਾਨਾਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਲਈ ਜਾਣਿਆ ਜਾਂਦਾ ਸੀ, ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਭਲਾਈ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਅਤੇ ਭ੍ਰਿਸ਼ਟ ਅਧਿਕਾਰੀਆਂ ਅਤੇ ਆਗੂਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੇ ਜਨਤਾ ਦਾ ਪੈਸਾ ਲੁੱਟਿਆ ਹੈ, ਉਸ ਨੂੰ ਇਸ ਲਈ ਜਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਜਲਦ ਹੀ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਤੇ ਪਹੁੰਚਾਉਣ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਸੇਵਾਵਾਂ ਦੀ ਦਰਾਂ ਉਤੇ ਪਹੁੰਚ ਨਾਲ ਲੋਕਾਂ ਨੂੰ ਉਨ੍ਹਾਂ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਮਦਦ ਮਿਲੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਪਾਰਟੀ ਜਾਂ ਇੱਥੋਂ ਤੱਕ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ---------------
Chief-Minister-Punjab-Bhagwant-Mann
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)