ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਅੰਦਰ ਤਿੰਨ ਘੰਟੇ ਲਈ ਰੇਲਾਂ ਰੋਕੀਆਂ
Jan29,2023
| Ravinder Singh Dhillon | Khanna (ludhiana)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਪੂਰੇ ਪੰਜਾਬ ਅੰਦਰ ਦੁਪਹਿਰ 1 ਤੋਂ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ ਸਮਰਾਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਦੀ ਅਗਵਾਈ ਹੇਠ ਸਮਰਾਲਾ ਰੇਲਵੇ ਸਟੇਸ਼ਨ ਤੇ ਕਿਸਾਨਾਂ ਵੱਲੋਂ ਦੁਪਹਿਰ 1 ਤੋਂ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਰੋਕੀਆਂ ਗਈਆਂ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਟਰੇਨਾਂ ਰੋਕਣ ਸਬੰਧੀ ਮੁੱਖ ਮੁੱਦਾ ਪੰਜਾਬ ਦੇ ਬੰਦੀ ਸਿੰਘ ਜਿਨ੍ਹਾਂ ਦੀਆਂ ਸਜਾਵਾਂ ਪੂਰੀਆਂ ਹੋਈਆਂ ਨੂੰ ਕਾਫੀ ਸਮਾਂ ਲੰਘ ਚੁੱਕਾ ਹੈ, ਪ੍ਰੰਤੂ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ, ਜਦੋਂ ਕਿ ਬਲਾਤਕਾਰੀ ਰਾਮ ਰਹੀਮ ਨੂੰ ਸਰਕਾਰਾਂ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਤੁਰੰਤ ਕੀਤੀ ਜਾਵੇ। ਪੰਜਾਬ ਦੇ ਪਾਣੀਆਂ ਉੱਤੇ ਕੇਂਦਰ ਸਰਕਾਰ ਦੀ ਸਹਿ ਉੱਤੇ ਦਿੱਲੀ ਅਤੇ ਗੁਆਂਢੀ ਰਾਜਾਂ ਵੱਲੋਂ ਅੱਖ ਰੱਖੀ ਹੋਈ ਹੈ, ਜਦੋਂ ਕਿ ਸੰਵਿਧਾਨ ਅਨੁਸਾਰ ਪਾਣੀਆਂ ਦਾ ਮਸਲਾ ਕੇਵਲ ਰਾਜਾਂ ਦਾ ਮਸਲਾ ਹੈ, ਜਿਸ ਵਿੱਚ ਕੇਂਦਰ ਕਿਸੇ ਤਰ੍ਹਾਂ ਦੀ ਦਖਲ ਅੰਦਾਜੀ ਨਹੀਂ ਕਰ ਸਕਦਾ। ਪੰਜਾਬ ਦੇ ਪਾਣੀਆਂ ਉੱਤੇ ਕੇਵਲ ਪੰਜਾਬ ਦਾ ਹੀ ਹੱਕ ਹੈ। ਇਸ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਜੋ ਲਾਪਤਾ ਹੋ ਚੁੱਕੇ ਸਨ, ਸਬੰਧੀ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ, ਇਸ ਸਬੰਧੀ ਜਲਦੀ ਘੋਖ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਅਤੇ ਪੰਜਾਬ ਨੂੰ ਮੁੜ ਮਾੜੇ ਹਾਲਾਤਾਂ ਵੱਲ ਧੱਕਣਾ ਚਾਹੁੰਦੀ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਦੇ ਪਾਣੀਆਂ ਸਬੰਧੀ ਪੰਜਾਬ ਨਾਲ ਧੱਕਾ ਕੀਤਾ ਗਿਆ ਤਾਂ ਸਾਡੀ ਸੰਘਰਸ਼ ਕਮੇਟੀ ਤਿੱਖਾ ਸੰਘਰਸ਼ ਛੇੜਨ ਲਈ ਮਜਬੂਰ ਹੋਵੇਗੀ।
Rail-Roko-Kisan-Majdoor-Sangersh-Comettiee-Punjab-Train-Halt-Passengers-