*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ: 435 ਕਿਲੋਮੀਟਰ ਲੰਬੀ ਸ਼ੋਭਾ ਯਾਤਰਾ 30 ਨਵੰਬਰ ਨੂੰ ਜੰਮੂ ਤੋਂ ਹੋਵੇਗੀ ਆਰੰਭ*
Nov29,2026
| Jagrati Lahar Bureau | Chandigarh
*ਚਾਰ ਰੋਜ਼ਾ ਸ਼ੋਭਾ ਯਾਤਰਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਵੇਗੀ ਸੰਪੂਰਨ*
*ਯਾਤਰਾ ਦੇ ਤਿੰਨ ਰਾਤਰੀ ਠਹਿਰਾਅ ਪਠਾਨਕੋਟ, ਅੰਮ੍ਰਿਤਸਰ ਅਤੇ ਡੇਰਾ ਸੱਚਖੰਡ ਬੱਲਾਂ (ਜਲੰਧਰ) ਵਿਖੇ ਹੋਣਗੇ*
*ਧਾਰਮਿਕ ਯਾਤਰਾ ਦਾ ਉਦੇਸ਼ ਗੁਰੂ ਜੀ ਦੇ ਬਰਾਬਰਤਾ, ਦਇਆ ਤੇ ਸਮਾਜਿਕ ਨਿਆਂ ਦੇ ਸਦੀਵੀ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣਾ*
ਚੰਡੀਗੜ੍ਹ /ਜੰਮੂ, 29 ਨਵੰਬਰ :
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸ਼ਾਨਦਾਰ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 30 ਨਵੰਬਰ 2026 ਨੂੰ ਜੰਮੂ ਤੋਂ 435 ਕਿਲੋਮੀਟਰ ਲੰਬੀ ਵਿ਼ਸ਼ਾਲ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਜਾਵੇਗਾ। ਚਾਰ ਰੋਜ਼ਾ ਇਹ ਧਾਰਮਿਕ ਯਾਤਰਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 3 ਦਸੰਬਰ 2026 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਤਿਹਾਸਕ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ।
ਜ਼ਿਕਰਯੋਗ ਹੈ ਕਿ ਰਾਜ ਸਰਕਾਰ ਵੱਲੋਂ ਇਸ ਅਹਿਮ ਮੌਕੇ ਨੂੰ ਮਨਾਉਣ ਲਈ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਤਾਂ ਜੋ ਇਸ ਮੌਕੇ ਨੂੰ ਇਤਿਹਾਸਕ ਯਾਦਗਾਰ ਬਣਾਇਆ ਜਾ ਸਕੇ। ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸੀਰ ਗੋਵਰਧਨਪੁਰ (ਵਾਰਾਣਸੀ), ਜੰਮੂ, ਬਠਿੰਡਾ ਅਤੇ ਫਰੀਦਕੋਟ ਤੋਂ ਇੱਕੋ ਸਮੇਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾ ਰਹੀਆਂ ਹਨ, ਜੋ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ) ਵਿਖੇ ਸੰਪੂਰਨ ਹੋਣਗੀਆਂ।
ਜੰਮੂ ਤੋਂ ਆਰੰਭ ਹੋਣ ਵਾਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ (ਬਾਹੂ ਫੋਰਟ), ਜੰਮੂ ਤੋਂ ਸ਼ੁਰੂ ਹੋਵੇਗੀ ਅਤੇ ਇਸ ਨੂੰ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਰਵਾਨਾ ਕੀਤਾ ਜਾਵੇਗਾ। ਲਗਭਗ 435 ਕਿਲੋਮੀਟਰ ਦੀ ਦੂਰੀ ਤੈਅ ਕਰਨ ਵਾਲੀ ਇਹ ਯਾਤਰਾ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚਣ ਤੋਂ ਪਹਿਲਾਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਵੱਖ-ਵੱਖ ਕਸਬਿਆਂ ਅਤੇ ਧਾਰਮਿਕ ਕੇਂਦਰਾਂ ਤੋਂ ਹੁੰਦੇ ਹੋਏ ਗੁਜ਼ਰੇਗੀ।
ਸ਼ੋਭਾ ਯਾਤਰਾ ਦਾ ਪਹਿਲਾ ਰਾਤਰੀ ਠਹਿਰਾਅ 30 ਨਵੰਬਰ ਨੂੰ ਪਠਾਨਕੋਟ ਵਿਖੇ ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਹੋਵੇਗਾ। 1 ਦਸੰਬਰ ਨੂੰ ਯਾਤਰਾ ਅੰਮ੍ਰਿਤਸਰ ਵਿਖੇ ਸ੍ਰੀ ਰਾਮ ਤੀਰਥ ਵਿਖੇ ਠਹਿਰੇਗੀ, ਇਸ ਤੋਂ ਬਾਅਦ 2 ਦਸੰਬਰ ਨੂੰ ਤੀਜਾ ਰਾਤਰੀ ਠਹਿਰਾਅ ਜਲੰਧਰ ਵਿਖੇ ਡੇਰਾ ਸੱਚਖੰਡ ਬੱਲਾਂ ਵਿਖੇ ਹੋਵੇਗਾ ਅਤੇ ਫਿਰ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵੱਲ ਰਵਾਨਾ ਹੋਵੇਗੀ।
ਇਨ੍ਹਾਂ ਸ਼ੋਭਾ ਯਾਤਰਾਵਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਅਤੇ ਪ੍ਰੇਮ, ਬਰਾਬਰੀ, ਦਇਆ ਤੇ ਭਾਈਚਾਰੇ ਦੇ ਸਰਵ-ਵਿਆਪੀ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਇਹ ਯਾਤਰਾ ਸੰਗਤ ਨੂੰ ਗੁਰੂ ਜੀ ਦੀ ਅਮੀਰ ਅਧਿਆਤਮਿਕ ਵਿਰਾਸਤ ਨਾਲ ਜੋੜੇਗੀ ਅਤੇ ਮਨੁੱਖਤਾ ਨੂੰ ਜਾਤ-ਪਾਤ ਤੇ ਸਮਾਜਿਕ ਭੇਦਭਾਵ ਤੋਂ ਉੱਪਰ ਉੱਠ ਕੇ ਇੱਕ ਸਦਭਾਵਨਾਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰੇਗੀ।
ਪੂਰੇ ਰੂਟ 'ਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਾਤਰਾ ਦੇ ਸੁਚਾਰੂ ਸੰਚਾਲਨ ਅਤੇ ਸੰਗਤ ਦੀ ਸਹੂਲਤ ਲਈ ਸੁਚੱਜੀ ਆਵਾਜਾਈ, ਸਾਫ਼-ਸਫ਼ਾਈ, ਡਾਕਟਰੀ ਸਹਾਇਤਾ ਅਤੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਰਾਜ ਸਰਕਾਰ ਨੇ ਸਭ ਨੂੰ ਇਕੱਠੇ ਹੋ ਕੇ ਇਨ੍ਹਾਂ ਇਤਿਹਾਸਕ ਸਮਾਗਮਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਸਮੂਹਿਕ ਸ਼ਰਧਾ ਅਤੇ ਸਤਿਕਾਰ ਦਾ ਸੱਚਾ ਪ੍ਰਤੀਕ ਬਣਾਉਣ ਦੀ ਅਪੀਲ ਕੀਤੀ ਹੈ।
--------------
650th-Prakash-Purab-Of-Sri-Guru-Ravidass-Ji-435-km-Shobha-Yatra-To-Commence-From-Jammu-On-November-30