ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਅਲੌਕਿਕ ਨਗਰ ਕੀਰਤਨ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ਵਿੱਚ ਡੇਰਾ ਬਾਬਾ ਭੂਰੀ ਵਾਲਾ ਤੋਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਲਈ ਰਵਾਨਾ ਹੋਇਆ। ਦੱਸਣ ਯੋਗ ਹੈ ਕਿ ਇਹ ਨਗਰ ਕੀਰਤਨ ਕੱਲ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਸੀ ਅਤੇ ਬੀਤੀ ਰਾਤ ਕਰੀਬ 2 ਵਜੇ ਅੰਮ੍ਰਿਤਸਰ ਪੁੱਜਿਆ, ਜਿੱਥੇ ਡੇਰਾ ਬਾਬਾ ਭੂਰੀਵਾਲਾ ਵਿਖੇ ਸੰਗਤਾਂ ਨੇ ਰਿਹਾਇਸ਼ ਕੀਤੀ ਅਤੇ ਇੱਥੋਂ ਹੁਣ ਤਰਨਤਾਰਨ ਦੇ ਰਸਤੇ ਸ੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਏ।
ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ, ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਡੀਸੀਪੀ ਸ ਜਗਜੀਤ ਸਿੰਘ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਐਸਡੀਐਮ ਸ ਗੁਰਸਿਮਰਨ ਸਿੰਘ ਢਿੱਲੋਂ ਤੇ ਸ ਅਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਤੇ ਧਾਰਮਿਕ ਜਥੇਬੰਦੀਆਂ ਅਤੇ ਸੰਗਤ ਹਾਜ਼ਰ ਸੀ।
ਪੰਜਾਬ ਸਰਕਾਰ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੀ ਸ਼ੁਰੂਆਤ ਡੇਰੇ ਤੋਂ ਅਰਦਾਸ ਕਰਨ ਉਪਰੰਤ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੀ ਧਰਤੀ ਤੋਂ ਸਜਾਇਆ ਗਿਆ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਵਿਖੇ ਪਹੁੰਚੇਗਾ।
ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸਨ ਅਤੇ ਆਪਣਾ ਬਲੀਦਾਨ ਦੇ ਕੇ ਹਿੰਦ ਦੀ ਰੱਖਿਆ ਕੀਤੀ। ਗੁਰੂ ਜੀ ਦੇ ਵਿਚਾਰ ਅਤੇ ਉਨ੍ਹਾਂ ਦੀ ਕੁਰਬਾਨੀ ਅੱਜ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਗੁਰੂ ਜੀ ਦੇ ਸ਼ਹੀਦੀ ਸਮਾਗਮ ਮਨਾਏ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।