ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਮਾਮਲੇ ਤੇ ਚੁੱਕੇ ਇਤਰਾਜ਼ ਦੂਰ ਕਰਨਾ ਸਰਕਾਰ ਦਾ ਫਰਜ਼: ਸੁਖਬੀਰ ਸਿੰਘ ਬਾਦਲ
May10,2026
| Jagrati Lahar Bureau | Chandigarh
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਦਿੱਤੀ ਸ਼ਰਧਾਂਜਲੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਜੋ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਾਸ ਕੀਤਾ ਗਿਆ, ਬਾਰੇ ਚੁੱਕੇ ਗਏ ਇਤਰਾਜ਼ ਦੂਰ ਕਰਨਾ ਸਰਕਾਰ ਦਾ ਫਰਜ਼ ਹੈ।
ਇਥੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿਚ ਹੋਏ ਵਿਸ਼ਾਲ ਜਨਤਕ ਸਮਾਗਮ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨਾਲ ਸਹਿਮਤ ਹੈ ਜਿਹਨਾਂ ਨੇ ਆਪ ਸਰਕਾਰ ਨੂੰ ਆਖਿਆ ਹੈ ਕਿ ਉਹ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਇਤਰਾਜ਼ਯੋਗ ਮੱਦਾਂ ਵਿਚ ਸੋਧ ਕਰਨ ਕਿਉਂਕਿ ਇਹ ਮੱਦਾਂ ਖਾਲਸਾ ਪੰਥ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਖਿਲਾਫ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜੋ ਕਿ ਸਿੱਖ ਕੌਮ ਚੁਣੀ ਹੋਈ ਨੁਮਾਇੰਦਾ ਜਮਾਤ ਹੈ, ਨੇ ਵੀ ਆਪਣੇ ਵਿਚਾਰਾਂ ਤੋਂ ਆਪ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਹੈ ਤੇ ਉਹਨਾਂ ਦਾਾ ਸਨਮਾਨ ਹੋਣਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ, ਉਹਨਾਂ ਦੇ ਓ ਐਸ ਡੀ ਤੇ ਹੋਰ ਸਹਿਯੋਗੀਆਂ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਲਈ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਸਾਰੇ ਆਪ ਵਿਧਾਇਕ ਤੇ ਹਲਕਾ ਇੰਚਾਰਜਾਂ ਦੇ ਖਿਲਾਫ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਜੇਲ੍ਹ ਭੇਜਿਆ ਜਾ ਸਕੇ।
ਇਸ ਤੋਂ ਪਹਿਲਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਹਨਾਂ ਦੇ 303ਵੇਂ ਜਨਮ ਦਿਹਾੜੇ ’ਤੇ ਸ਼ਰਧਾਂਜਲੀ ਭੇਂਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਇਹ ਸੂਬੇ ਦੀ ਇਕਲੌਤੀ ਪਾਰਟੀ ਹੈ ਜੋ ਹਮੇਸ਼ਾ ਪੰਜਾਬੀਆਂ ਦੀਆਂ ਆਸਾਂ ’ਤੇ ਖਰ੍ਹੀ ਉਤਰਦੀ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵੇਲੇ ਅਕਾਲੀ ਦਲ ਕਮਜ਼ੋਰ ਸੀ ਤਾਂ ਉਦੋਂ ਦਿੱਲੀ ਦੀਆਂ ਪਾਰਟੀਆਂ ਨੇ ਮੌਕੇ ਦਾ ਲਾਭ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਤੋੜਿਆ ਅਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਵਾ ਦਿੱਤੀ। ਉਹਨਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਪਟਨਾ ਸਾਹਿਬ ਸਮੇਤ ਹੋਰ ਗੁਰਦੁਆਰਾ ਕਮੇਟੀਆਂ ’ਤੇ ਰਾਜ ਸਰਕਾਰਾਂ ਨੇ ਕਬਜ਼ਾ ਕਰ ਲਿਆ ਹੈ।
ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਗੱਦਾਰਾਂ ਦੀ ਪਛਾਣ ਕਰੇ ਜਿਹਨਾਂ ਨੇ ਸਿੱਖ ਧਰਮ ਦੀ ਆੜ ਵਿਚ ਚੋਲੇ ਪਾਏ ਹੋਏ ਹਨ ਤੇ ਹਮੇਸ਼ਾ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਲੱਗੇ ਹਨ।
ਸਰਦਾਰ ਬਾਦਲ ਨੇ ਇਹ ਵੀ ਗੱਲ ਕੀਤੀ ਕਿ ਕਿਵੇਂ ਅਕਾਲੀ ਦਲ ਨੇ ਹੀ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਸਮੇਤ ਸਾਰੇ ਵਿਕਾਸ ਕਾਰਜ ਕਰਵਾਏ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰ ਦੇ ਰਾਜ ਵਿਚ ਇਕ ਵੀ ਯੂਨਿਟ ਬਿਜਲੀ ਪੈਦਾ ਕਰਨ ਦੀ ਸਮਰਥਾ ਨਾ ਜੋੜਨ ਕਾਰਨ ਮੌਜੂਦਾ ਬਿਜਲੀ ਕੱਟ ਲੱਗ ਰਹੇ ਹਨ ਤੇ ਵਾਰ-ਵਾਰ ਬਿਜਲੀ ਜਾ ਰਹੀ ਹੈ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਬੀ ਸੀ ਵਰਗ ਨੂੰ ਪੰਜਾਬ ਵਿਚ ਬਣਦਾ ਰਾਖਵਾਂਕਰਨ ਮਿਲਣਾ ਚਾਹੀਦਾ ਹੈ ਤੇ ਇਹ ਉਹਨਾਂ ਦਾ ਹੱਕ ਹੈ। ਉਹਨਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਵਿਚ ਬੀ ਸੀ ਉਮੀਦਵਾਰਾਂ ਨੂੰ 20 ਫੀਸਦੀ ਰਾਖਵਾਂਕਰਨ ਮਿਲਣਾ ਚਾਹੀਦਾ ਹੈ।
ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਤੇ ਯੋਗਦਾਨ ਬਾਰੇ ਚਰਚਾ ਕੀਤੀ।
ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਪਰਉਪਕਾਰ ਸਿੰਘ ਘੁੰਮਣ, ਲਖਵਿੰਦਰ ਸਿੰਘ ਗਾਬੜੀਆ, ਨਰੇਸ਼ ਧੀਗਣ, ਜਸਦੀਪ ਸਿੰਘ ਕਾਉਂਕੇ ਨੇ ਵੀ ਸੰਬੋਧਨ ਕੀਤਾ।
ਬਾਅਦ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਗਿੱਲ ਹਲਕੇ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਿਚ ਇਕਜੁੱਟ ਹੋ ਕੇ ਮਿਹਨਤ ਕਰ ਕੇ ਸਿਮਕ ਦੀ ਜਿੱਤ ਯਕੀਨੀ ਬਣਾਉਣ।
It-is-govt-s-duty-to-resolve-the-objections-raised-by-sri-akal-takht-sahib-vis-a-vis-the-anti-sacrilege-law-sukhbir-s-badal-