ਭਗਵੰਤ ਮਾਨ ਨੂੰ ਧਾਰਮਿਕ ਸਜ਼ਾ ਮਗਰੋਂ ਵਿਧਾਇਕ ਗਿਆਸਪੁਰਾ ਨੇ ਜੱਥੇਦਾਰ ਗੜਗੱਜ ਨੂੰ ਕੀਤਾ ਚੈਲੇਂਜ
Jun15,2026
| Ravinder Singh Dhilllon | Khanna
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਲੈ ਕੇ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਫੈਸਲੇ ਦਾ ਤਿੱਖੇ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਇਸ ਪਿੱਛੇ ਸਿਆਸੀ ਸਾਜ਼ਿਸ਼ ਹੋਣ ਦੇ ਦੋਸ਼ ਲਗਾਏ ਹਨ। ਗਿਆਸਪੁਰਾ ਨੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਚੈਲੰਜ ਵੀ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਫੈਸਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਸਨੂੰ ਸਿੱਖ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰ ਬਾਦਲ ਪਰਿਵਾਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਹਨ ਅਤੇ ਇਸੇ ਕਾਰਨ ਅਜਿਹੇ ਫੈਸਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਸਿਆਸਤ ਤੋਂ ਉੱਪਰ ਰਹਿ ਕੇ ਕੰਮ ਕਰਨਾ ਚਾਹੀਦਾ ਹੈ।
ਗਿਆਸਪੁਰਾ ਨੇ ਕਿਹਾ ਕਿ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਵਿੱਚ ਖਾਲਸਾ ਰਾਜ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸੇ ਕੜੀ ਤਹਿਤ ਭਾਜਪਾ ਅਤੇ ਸੁਖਬੀਰ ਬਾਦਲ ਨੇ ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਸਾਜਿਸ਼ ਰਚੀ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਖ਼ਿਲਾਫ਼ ਜਾਰੀ ਕੀਤੇ ਗਏ ਇਸ ਫੈਸਲੇ ਨੂੰ ਉਨ੍ਹਾਂ ਦੀ ਪਾਰਟੀ ਸਵੀਕਾਰ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੰਗਤ ਅਤੇ ਲੋਕ ਇਸ ਪੂਰੇ ਮਾਮਲੇ ਨੂੰ ਸਮਝਦੇ ਹਨ ਅਤੇ ਸਮੇਂ ਆਉਣ 'ਤੇ ਇਸ ਦਾ ਢੁੱਕਵਾਂ ਜਵਾਬ ਦੇਣਗੇ।
ਗਿਆਸਪੁਰਾ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਨਾਲ ਖੜ੍ਹੀ ਹੈ ਅਤੇ ਅਜਿਹੀਆਂ ਸਿਆਸੀ ਚਾਲਾਂ ਨਾਲ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਨਹੀਂ ਹਟਾਇਆ ਜਾ ਸਕਦਾ।
Mla-Manwinder-Simgh-Giaspura-Jathedar-Kuldeep-Singh-Gargajh