ਸੰਤ ਹਰਚੰਦ ਸਿੰਘ ਲੌਂਗੋਵਾਲ ਦਾ 41ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
Aug20,2026
| Jagsir Longowal | Longowal
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ 41ਵਾਂ ਸ਼ਹੀਦੀ ਦਿਹਾੜਾ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸੰਗਤ ਨੇ ਸ਼ਮੂਲੀਅਤ ਕਰਕੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਏਕਤਾ ਅਤੇ ਪੰਥਕ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਦੀ ਸ਼ਹਾਦਤ ਪੰਜਾਬ ਦੇ ਇਤਿਹਾਸ ਦਾ ਅਮਿੱਟ ਅਧਿਆਇ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਮੌਜੂਦਾ ਸਮੇਂ ਕਈ ਸੰਕਟਾਂ ਵਿੱਚੋਂ ਲੰਘ ਰਿਹਾ ਹੈ ਅਤੇ ਇਨ੍ਹਾਂ ਤੋਂ ਨਿਕਲਣ ਲਈ ਸਿਧਾਂਤਕ, ਪੰਥਕ ਅਤੇ ਪੰਜਾਬ-ਪੱਖੀ ਸੋਚ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ, ਐਸਜੀਪੀਸੀ ਚੋਣਾਂ ਅਤੇ ਪੰਜਾਬ ਦੇ ਅਹਿਮ ਮਸਲਿਆਂ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ।
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਤ ਲੌਂਗੋਵਾਲ ਦੀ ਵਿਰਾਸਤ ਸਾਨੂੰ ਸਾਦਗੀ, ਇਮਾਨਦਾਰੀ ਅਤੇ ਪੰਜਾਬ ਦੇ ਹੱਕਾਂ ਲਈ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ 'ਤੇ ਪੰਜਾਬ ਦੀ ਆਰਥਿਕ ਸਥਿਤੀ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ।
ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਥਕ ਏਕਤਾ ਅਤੇ ਪੰਜਾਬ ਦੇ ਹਿੱਤਾਂ ਲਈ ਸਾਰੀਆਂ ਧਿਰਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨੌਜਵਾਨ ਪੀੜ੍ਹੀ ਨੂੰ ਸੰਤ ਲੌਂਗੋਵਾਲ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਤੋਂ ਜਾਣੂ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਗਗਨਜੀਤ ਸਿੰਘ ਬਰਨਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਕਈ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
41st-Martyrdom-Anniversary-Of-Sant-Harchand-Singh-Longowal-Observed-With-Reverence