ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਸਿੱਖ ਵਫ਼ਦ ਦੀ ਮੁਲਾਕਾਤ, ਲੰਮੇ ਸਮੇਂ ਤੋਂ ਲਟਕਦੇ ਮਾਮਲੇ ’ਤੇ ਫ਼ੈਸਲੇ ਦੀ ਮੰਗ
Sep29,2026
| Jagrati Lahar Bureau | Patiala
ਪਟਿਆਲਾ, 29 ਸਤੰਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਇੱਕ ਸਿੱਖ ਵਫ਼ਦ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਸ਼ਾਮਲ ਸਨ।
ਮੁਲਾਕਾਤ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਆਪਣੇ ਮਾਮਲੇ ਵਿੱਚ ਕਿਸੇ ਰਹਿਮ ਦੀ ਅਪੀਲ ਨਹੀਂ ਕਰ ਰਹੇ, ਸਗੋਂ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਟਕ ਰਹੇ ਮਾਮਲੇ ’ਤੇ ਫ਼ੈਸਲਾ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ 2019 ਵਿੱਚ ਕੀਤੇ ਐਲਾਨ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਮੇਂ ਸਿਰ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਅਗਲੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ ਭਾਈ ਰਾਜੋਆਣਾ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਮੌਲਿਕ ਅਧਿਕਾਰਾਂ ਅਤੇ ਉਨ੍ਹਾਂ ਦੀ ਬਜ਼ੁਰਗ ਮਾਤਾ ਨਾਲ ਮੁਲਾਕਾਤ ਲਈ ਪੈਰੋਲ ਦਾ ਮੁੱਦਾ ਵੀ ਉਠਾਇਆ।
2 ਅਕਤੂਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਣ ਵਾਲੇ ਮਾਰਚ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੌਮੀ ਇਨਸਾਫ਼ ਮੋਰਚੇ ਨੂੰ ਦਿੱਤੇ ਸਮਰਥਨ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਇਸ ਦਾ ਸਮਰਥਨ ਕਰਦਾ ਹੈ। ਉਨ੍ਹਾਂ ਮੀਡੀਆ ਨੂੰ ਵੀ ਬੰਦੀ ਸਿੰਘਾਂ ਨਾਲ ਸਬੰਧਤ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਨੂੰ ਉਜਾਗਰ ਕਰਨ ਦੀ ਅਪੀਲ ਕੀਤੀ।
-