• ਜ਼ਿਲ੍ਹਾ ਮਾਲੇਰਕੋਟਲਾ ਵਿੱਚ 7 ਸਤੰਬਰ ਤੋਂ ਸ਼ੁਰੂ ਹੋਣਗੇ ਵੱਖ-ਵੱਖ ਖੇਡ ਮੁਕਾਬਲੇ
ਮਾਲੇਰਕੋਟਲਾ, 31 ਅਗਸਤ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵਲੋਂ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਅਧਿਕਾਰਤ ਪੋਰਟਲ ਲਾਂਚ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਤੋਂ ਇਲਵਾ ਖੇਡ ਪ੍ਰੇਮੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦਾ ਮਜ਼ਬੂਤ ਸਾਧਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡ ਮੁਕਾਬਲੇ ਸ਼ੁਰੂ ਹੋਣਗੇ। ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 15 ਸਤੰਬਰ ਤੱਕ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ ਅਤੇ ਫੁੱਟਬਾਲ ਆਦਿ ਦੇ ਮੁਕਾਬਲੇ ਹੋਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ, ਬਾਕਸਿੰਗ, ਜਿਮਨਾਸਟਿਕ, ਟੈਨਿਸ, ਟੇਬਲ ਟੈਨਿਸ, ਬੈਡਮਿੰਟਨ, ਜੂਡੋ ਅਤੇ ਰੈਸਲਿੰਗ ਸਮੇਤ ਕੁੱਲ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਜ਼ਿਲ੍ਹਾ ਮਾਲੇਰਕੋਟਲਾ ਦੇ ਚਾਹਵਾਨ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਭਾਗ ਲੈਣ ਲਈ ਅਧਿਕਾਰਤ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਸ ਖੇਡ ਮਹਾਕੁੰਭ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡ ਮੁਕਾਬਲਿਆਂ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਜ਼ਿਲ੍ਹੇ ਦੀ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਇੱਕ ਅਹਿਮ ਮੰਚ ਸਾਬਤ ਹੋਣਗੀਆਂ।